ਤੇਜ਼ ਰਫ਼ਤਾਰ ਟਰੱਕ ਨੇ ਸਕੂਲ ਵੈਨ ਨੂੰ ਮਾਰੀ ਜ਼ਬਰਦਸਤ ਟੱਕਰ, ਕਈ ਬੱਚੇ ਜ਼ਖ਼ਮੀ
ਬੇਗੂਸਰਾਏ- ਬਿਹਾਰ ਦੇ ਬੇਗੂਸਰਾਏ 'ਚ ਇਕ ਵੱਡਾ ਹਾਦਸਾ ਵਾਪਰਿਆ, ਇੱਥੇ ਇਕ ਤੇਜ਼ ਰਫ਼ਤਾਰ ਟਰੱਕ ਨੇ ਸਕੂਲ ਵਾਹਨ ਨੂੰ ਟੱਕਰ ਮਾਰ ਦਿੱਤੀ । ਇਸ ਹਾਦਸੇ ਵਿਚ 5 ਬੱਚਿਆਂ ਦੀ ਹਾਲਤ ਗੰਭੀਰ ਹੈ, ਜਦਕਿ 16 ਹੋਰ ਬੱਚੇ ਜ਼ਖ਼ਮੀ ਹੋਏ ਹਨ। ਸਾਰੇ ਜ਼ਖ਼ਮੀਆਂ ਨੂੰ ਨੇੜੇ ਦੇ ਇਕ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਹੈ, ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਪੁਲਸ ਤੋਂ ਮਿਲੀ ਜਾਣਕਾਰੀ ਮੁਤਾਬਕ ਇਹ ਘਟਨਾ ਰਿਫਾਇਨਰੀ ਥਾਣਾ ਖੇਤਰ ਦੇ ਦੇਵਨਾ ਨੇੜੇ ਨੈਸ਼ਨਲ ਹਾਈਵੇਅ-31 'ਤੇ ਵਾਪਰਿਆ।ਲੋਕਾਂ ਦਾ ਕਹਿਣਾ ਹੈ ਕਿ ਵੀਰਵਾਰ ਸਵੇਰੇ ਬੱਚਿਆਂ ਨੂੰ ਸਕੂਲ ਛੱਡਣ ਲਈ ਸਕੂਲ ਵੈਨ ਜਾ ਰਹੀ ਸੀ। ਹਾਈਵੇਅ 'ਤੇ ਟਰੱਕ ਨੇ ਜ਼ਬਰਦਸਤ ਟੱਕਰ ਮਾਰ ਦਿੱਤੀ। ਹਾਦਸਾ ਇੰਨਾ ਭਿਆਨਕ ਸੀ ਕਿ ਸਕੂਲ ਵੈਨ ਪੂਰੀ ਤਰ੍ਹਾਂ ਨੁਕਸਾਨੀ ਗਈ। ਘਟਨਾ ਮਗਰੋਂ ਮੌਕੇ 'ਤੇ ਹਫੜਾ-ਦਫੜੀ ਮਚ ਗਈ। ਫਿਲਹਾਲ ਇਸ ਘਟਨਾ ਦੀ ਸੂਚਨਾ ਸਥਾਨਕ ਲੋਕਾਂ ਨੇ ਰਿਫਾਇਨਰੀ ਥਾਣਾ ਪੁਲਸ ਨੂੰ ਦਿੱਤੀ। ਮੌਕੇ 'ਤੇ ਪੁਲਸ ਪੂਰੇ ਮਾਮਲੇ ਦੀ ਜਾਂਚ ਪੜਤਾਲ 'ਚ ਜੁਟੀ ਹੋਈ ਹੈ।ਮਿਲੀ ਜਾਣਕਾਰੀ ਮੁਤਾਬਕ ਹਾਦਸੇ ਵਿਚ ਡੇਢ ਦਰਜਨ ਬੱਚੇ ਜ਼ਖ਼ਮੀ ਹੋਏ ਹਨ। ਮੌਕੇ 'ਤੇ ਪੁੱਜੀ ਪੁਲਸ ਨੇ ਪਿੰਡ ਵਾਸੀਆਂ ਦੀ ਮਦਦ ਨਾਲ ਜ਼ਖ਼ਮੀ ਬੱਚਿਆਂ ਨੂੰ ਵੈਨ ਵਿਚੋਂ ਬਾਹਰ ਕੱਢ ਕੇ ਇਲਾਜ ਲਈ ਹਸਪਤਾਲ 'ਚ ਦਾਖ਼ਲ ਕਰਵਾਇਆ ਹੈ। ਇਸ ਹਾਦਸੇ ਵਿਚ ਜ਼ਖ਼ਮੀ ਹੋਏ ਬੱਚਿਆਂ ਵਿਚੋਂ 5 ਦੀ ਹਾਲਤ ਬੇਹੱਦ ਗੰਭੀਰ ਹੈ। ਇਨ੍ਹਾਂ ਸਾਰੇ ਬੱਚਿਆਂ ਨੂੰ ICU 'ਚ ਦਾਖ਼ਲ ਕਰਵਾਇਆ ਗਿਆ ਹੈ। ਪੁਲਸ ਨੇ ਇਸ ਹਾਦਸੇ ਮਗਰੋਂ ਦੋਸ਼ੀ ਟਰੱਕ ਡਰਾਈਵਰ ਨੂੰ ਗ੍ਰਿਫ਼ਤਾਰ ਕਰ ਲਿਆ ਹੈ।