ਮਣੀਪੁਰ 'ਚ ਵਿਦਿਆਰਥੀਆਂ ਤੇ ਪੁਲਸ ਵਿਚਾਲੇ ਝੜਪ ਤੋਂ ਬਾਅਦ ਸਥਿਤੀ ਤਣਾਅਪੂਰਨ ਪਰ ਕਾਬੂ 'ਚ
ਇੰਫਾਲ - ਮਣੀਪੁਰ ਵਿੱਚ ਇੱਕ ਦਿਨ ਪਹਿਲਾਂ ਰਾਜ ਭਵਨ ਵੱਲ ਮਾਰਚ ਕਰਨ ਦੀ ਕੋਸ਼ਿਸ਼ ਕਰ ਰਹੇ ਸੁਰੱਖਿਆ ਬਲਾਂ ਅਤੇ ਵਿਦਿਆਰਥੀਆਂ ਵਿਚਾਲੇ ਝੜਪਾਂ ਤੋਂ ਬਾਅਦ ਬੁੱਧਵਾਰ ਨੂੰ ਸਥਿਤੀ ਤਣਾਅਪੂਰਨ ਸੀ ਪਰ ਕਾਬੂ ਵਿੱਚ ਰਹੀ। ਇਸ ਗੱਲ ਦੀ ਜਾਣਕਾਰੀ ਪੁਲਸ ਵਲੋਂ ਦਿੱਤੀ ਗਈ ਹੈ। ਇੱਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਮੰਗਲਵਾਰ ਦੁਪਹਿਰ ਨੂੰ ਮਣੀਪੁਰ ਦੀ ਰਾਜਧਾਨੀ ਵਿੱਚ ਲਗਾਇਆ ਗਿਆ ਕਰਫਿਊ ਅੱਜ ਸਵੇਰੇ ਵੀ ਜਾਰੀ ਰਿਹਾ। ਇਸ ਦੌਰਾਨ ਵਾਧੂ ਸੁਰੱਖਿਆ ਬਲ ਤਾਇਨਾਤ ਕੀਤੇ ਗਏ ਅਤੇ ਪੁਲਸ ਕਰਮਚਾਰੀ ਕਿਸੇ ਵੀ ਅਣਸੁਖਾਵੀਂ ਘਟਨਾ ਤੋਂ ਬਚਣ ਲਈ ਇੰਫਾਲ ਵਿੱਚ ਲਗਾਤਾਰ ਗਸ਼ਤ ਕਰ ਰਹੇ ਹਨ।ਉਨ੍ਹਾਂ ਕਿਹਾ ਕਿ ਸਥਿਤੀ ਤਣਾਅਪੂਰਨ, ਪਰ ਕਾਬੂ ਹੇਠ ਹੈ। ਮੰਗਲਵਾਰ ਨੂੰ ਰਾਜ ਵਿੱਚ ਰਾਜ ਭਵਨ ਵੱਲ ਮਾਰਚ ਕਰਦੇ ਹੋਏ ਵਿਦਿਆਰਥੀਆਂ ਅਤੇ ਸੁਰੱਖਿਆ ਬਲਾਂ ਵਿਚਾਲੇ ਝੜਪ ਹੋ ਗਈ। ਮਨੀਪੁਰ ਸਰਕਾਰ ਨੇ ਮੰਗਲਵਾਰ ਸ਼ਾਮ ਨੂੰ ਇੱਕ ਸੋਧਿਆ ਹੁਕਮ ਜਾਰੀ ਕਰਦਿਆਂ ਕਿਹਾ ਕਿ ਵਿਦਿਆਰਥੀਆਂ ਦੇ ਭਖਦੇ ਅੰਦੋਲਨ ਦੇ ਮੱਦੇਨਜ਼ਰ ਸੂਬੇ ਦੇ ਸਿਰਫ਼ ਪੰਜ ਜ਼ਿਲ੍ਹਿਆਂ ਵਿੱਚ ਹੀ ਇੰਟਰਨੈੱਟ ਸੇਵਾਵਾਂ ਮੁਅੱਤਲ ਰਹਿਣਗੀਆਂ। ਪ੍ਰਦਰਸ਼ਨਕਾਰੀ ਵਿਦਿਆਰਥੀਆਂ ਨੇ ਮਨੀਪੁਰ ਦੇ ਪੁਲਸ ਡਾਇਰੈਕਟਰ ਜਨਰਲ (ਡੀਜੀਪੀ) ਅਤੇ ਰਾਜ ਸੁਰੱਖਿਆ ਸਲਾਹਕਾਰ ਨੂੰ ਹਟਾਉਣ ਲਈ ਦਬਾਅ ਪਾਉਣ ਲਈ ਰਾਜ ਭਵਨ ਵੱਲ ਮਾਰਚ ਕਰਨ ਦੀ ਕੋਸ਼ਿਸ਼ ਕੀਤੀ ਸੀ।ਪੁਲਸ ਨੇ ਦੱਸਿਆ ਕਿ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੇ ਇੰਫਾਲ ਦੇ ਖਵੈਰਾਮਬੰਦ ਅਤੇ ਕਾਕਵਾ ਨੌਰੇਮ ਲੀਕਾਈ ਖੇਤਰਾਂ ਵਿੱਚ ਸੁਰੱਖਿਆ ਬਲਾਂ 'ਤੇ ਪਥਰਾਅ ਕੀਤਾ, ਜਿਸ ਕਾਰਨ ਉਨ੍ਹਾਂ ਨੂੰ ਖਿੰਡਾਉਣ ਲਈ ਅੱਥਰੂ ਗੈਸ ਦੇ ਗੋਲੇ ਛੱਡਣੇ ਪਏ। ਇੱਕ ਵਿਦਿਆਰਥੀ ਸੰਗਠਨ ਨੇ ਦਾਅਵਾ ਕੀਤਾ ਕਿ ਪ੍ਰਦਰਸ਼ਨਕਾਰੀਆਂ ਅਤੇ ਸੁਰੱਖਿਆ ਬਲਾਂ ਵਿਚਾਲੇ ਝੜਪ ਵਿੱਚ 55 ਤੋਂ ਵੱਧ ਵਿਦਿਆਰਥੀ ਜ਼ਖ਼ਮੀ ਹੋਏ ਹਨ ਅਤੇ ਉਨ੍ਹਾਂ ਨੂੰ ਰਿਮਸ (ਰੀਜਨਲ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਿਜ਼) ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ।ਮੰਗਲਵਾਰ ਦੇਰ ਰਾਤ ਰਾਜ ਭਵਨ ਵੱਲੋਂ ਜਾਰੀ ਬਿਆਨ ਅਨੁਸਾਰ, 'ਵਿਦਿਆਰਥੀਆਂ ਦੇ ਨੁਮਾਇੰਦਿਆਂ ਨੇ ਰਾਜਪਾਲ ਲਕਸ਼ਮਣ ਪ੍ਰਸਾਦ ਅਚਾਰੀਆ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਇੱਕ ਮੰਗ ਪੱਤਰ ਸੌਂਪਿਆ।' ਇਸ ਵਿਚ ਕਿਹਾ ਗਿਆ ਹੈ ਕਿ ਪ੍ਰਤੀਨਿਧੀਆਂ ਨੇ ਰਾਜਪਾਲ ਨੂੰ ਉਨ੍ਹਾਂ ਦੀਆਂ ਮੰਗਾਂ ਨੂੰ ਪੂਰਾ ਕਰਨ ਲਈ ਢੁਕਵੇਂ ਕਦਮ ਚੁੱਕਣ ਦੀ ਅਪੀਲ ਕੀਤੀ। ਬਿਆਨ ਵਿੱਚ ਕਿਹਾ ਗਿਆ ਹੈ ਕਿ ਰਾਜਪਾਲ ਨੇ ਉਨ੍ਹਾਂ ਨੂੰ ਭਰੋਸਾ ਦਿੱਤਾ ਕਿ ਉਹ ਵਿਦਿਆਰਥੀਆਂ ਅਤੇ ਮਨੀਪੁਰ ਦੇ ਲੋਕਾਂ ਦੇ ਹਿੱਤ ਵਿੱਚ ਕਾਰਵਾਈ ਕਰਨਗੇ। ਇਸ ਦੌਰਾਨ ਪੁਲਸ ਨੇ ਇੱਕ ਬਿਆਨ ਵਿੱਚ ਕਿਹਾ ਕਿ ਕਾਂਗਪੋਕਪੀ ਜ਼ਿਲ੍ਹੇ ਵਿੱਚ ਤਲਾਸ਼ੀ ਮੁਹਿੰਮ ਦੌਰਾਨ ਹਥਿਆਰ ਅਤੇ ਵਿਸਫੋਟਕ ਬਰਾਮਦ ਕੀਤੇ ਗਏ ਹਨ।