ਸਿਸੋਦੀਆ ਨੂੰ ਜ਼ਮਾਨਤ ਮਿਲਣ ਤੋਂ ਬਾਅਦ CM ਮਾਨ ਨੇ ਕੀਤਾ ਟਵੀਟ
ਚੰਡੀਗੜ੍ਹ : ਸੁਪਰੀਮ ਕੋਰਟ ਵਲੋਂ ਆਬਕਾਰੀ ਨੀਤੀ ਮਾਮਲੇ ਵਿਚ ਦਿੱਲੀ ਦੇ ਸਾਬਕਾ ਸਿੱਖਿਆ ਮੰਤਰੀ ਮਨੀਸ਼ ਸਿਸੋਦੀਆ ਨੂੰ ਜ਼ਮਾਨਤ ਦੇਣ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਦਾ ਪਹਿਲਾ ਬਿਆਨ ਸਾਹਮਣੇ ਆਇਆ ਹੈ। ਮੁੱਖ ਮੰਤਰੀ ਨੇ ਇਸ ਨੂੰ ਸੱਚਾਈ ਦੀ ਜਿੱਤ ਦੱਸਿਆ ਹੈ। ਉਨ੍ਹਾਂ ਆਖਿਆ ਕਿ ਅੱਜ ਸੱਚ ਦੀ ਜਿੱਤ ਹੋਈ ਹੈ। ਸਿਸੋਦੀਆ ਨੂੰ 17 ਮਹੀਨੇ ਜੇਲ੍ਹ 'ਚ ਰਹਿਣ ਤੋਂ ਬਾਅਦ ਜ਼ਮਾਨਤ ਮਿਲੀ ਹੈ। ਇਸ ਮਾਮਲੇ 'ਤੇ ਆਦੇਸ਼ ਜੱਜ ਬੀ.ਆਰ. ਗਵਈ ਅਤੇ ਜੱਜ ਕੇ.ਵੀ. ਵਿਸ਼ਵਨਾਥ ਦੇ ਬੈਂਚ ਨੇ ਤਿੰਨ ਦਿਨ ਪਹਿਲਾਂ 6 ਅਗਸਤ ਨੂੰ ਫੈ਼ਸਲਾ ਸੁਰੱਖਿਅਤ ਰੱਖ ਲਿਆ ਸੀ। ਸਿਸੋਦੀਆ ਨੇ ਦਿੱਲੀ ਹਾਈ ਕੋਰਟ ਦੇ ਫ਼ੈਸਲੇ ਖ਼ਿਲਾਫ਼ ਸੁਪਰੀਮ ਕੋਰਟ ਦਾ ਰੁਖ ਕੀਤਾ ਸੀ। ਦਰਅਸਲ ਹਾਈ ਕੋਰਟ ਨੇ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ ਖਾਰਜ ਕਰ ਦਿੱਤੀ ਸੀ ਪਰ ਅੱਜ ਸੁਪਰੀਮ ਕੋਰਟ ਨੇ ਉਨ੍ਹਾਂ ਨੂੰ ਜ਼ਮਾਨਤ ਦੇ ਦਿੱਤੀ ਹੈ।