ਹਿਮਾਚਲ ਪ੍ਰਦੇਸ਼ ਵਿੱਚ ਸਿੱਖ ਨੌਜਵਾਨਾਂ ਦੇ ਝੰਡੇ ਅਤੇ ਤਸਵੀਰਾਂ ਪਾੜੇ ਜਾਣ 'ਤੇ ਜਥੇਦਾਰ ਸ਼੍ਰੀ ਅਕਾਲ ਤਖ਼ਤ ਸਾਹਿਬ ਨੇ ਲਿਆ ਸਖ਼ਤ ਨੋਟਿਸ

PUNJAB NEWS (Lovepreet) : ਹਿਮਾਚਲ ਪ੍ਰਦੇਸ਼ ਵਿੱਚ ਕੁਝ ਸ਼ਰਾਰਤੀ ਅਨਸਰਾਂ ਵੱਲੋਂ ਪੁਲਿਸ ਦੀ ਮੌਜੂਦਗੀ ਵਿੱਚ ਸਿੱਖ ਨੌਜਵਾਨਾਂ ਵੱਲੋਂ ਲਗਾਏ ਗਏ ਸਿੱਖ ਝੰਡਿਆਂ ਅਤੇ ਸੰਤ ਜਰਨੈਲ ਸਿੰਘ ਖਾਲਸਾ ਭਿੰਡਰਾਂਵਾਲਿਆਂ ਦੀ ਤਸਵੀਰ ਪਾੜਣ ਤੇ ਪੈਰਾਂ ਹੇਠ ਮਿੱਧਣ ਦੀ ਘਟਨਾ ਨੇ ਵਿਵਾਦ ਖੜ੍ਹਾ ਕਰ ਦਿੱਤਾ ਹੈ। ਇਸ ਮਾਮਲੇ 'ਤੇ ਜਥੇਦਾਰ ਸ਼੍ਰੀ ਅਕਾਲ ਤਖ਼ਤ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸਖ਼ਤ ਨੋਟਿਸ ਲੈਂਦਿਆਂ ਪ੍ਰੈੱਸ ਬਿਆਨ ਰਾਹੀਂ ਇਸ ਦੀ ਨਿਖੇਧੀ ਕੀਤੀ ਹੈ।ਉਨ੍ਹਾਂ ਨੇ ਕਿਹਾ ਕਿ ਜੇਕਰ ਪੁਲਿਸ ਕਿਸੇ ਵੀ ਨੌਜਵਾਨ ਦੀ ਜਾਂਚ ਕਰ ਰਹੀ ਹੈ, ਤਾਂ ਉਸ ਮੌਕੇ ਕਿਸੇ ਵੀ ਸਥਾਨਕ ਸ਼ਰਾਰਤੀ ਤੱਤ ਦਾ ਕੋਈ ਹੱਕ ਨਹੀਂ ਬਣਦਾ ਕਿ ਉਹ ਸਿੱਖ ਨੌਜਵਾਨਾਂ ਨਾਲ ਜ਼ਬਰਦਸਤੀ ਕਰੇ ਅਤੇ ਉਨ੍ਹਾਂ ਦੇ ਵਾਹਨਾਂ ਉੱਤੇ ਲੱਗੇ ਸਿੱਖ ਧਰਮ ਸੰਬੰਧੀ ਚਿੰਨ੍ਹ ਹਟਾਏ। ਉਨ੍ਹਾਂ ਹਿਮਾਚਲ ਪ੍ਰਦੇਸ਼ ਦੀ ਪੁਲਿਸ 'ਤੇ ਗੰਭੀਰ ਦੋਸ਼ ਲਗਾਉਂਦੇ ਹੋਏ ਕਿਹਾ ਕਿ ਲੱਗਦਾ ਹੈ ਕਿ ਉਨ੍ਹਾਂ ਨੂੰ ਸਥਾਨਕ ਸ਼ਰਾਰਤੀ ਅਨਸਰ ਹੀ ਚਲਾ ਰਹੇ ਹਨ।
ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਹਿਮਾਚਲ ਪ੍ਰਦੇਸ਼ ਦੀ ਕਾਂਗਰਸ ਸਰਕਾਰ ਅਤੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨੂੰ ਅਪੀਲ ਕੀਤੀ ਕਿ ਉਨ੍ਹਾਂ ਨੂੰ ਤੁਰੰਤ ਕਾਰਵਾਈ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਕੁਝ ਸ਼ਰਾਰਤੀ ਤੱਤ ਦੋਵੇਂ ਰਾਜਾਂ - ਹਿਮਾਚਲ ਪ੍ਰਦੇਸ਼ ਅਤੇ ਪੰਜਾਬ - ਦੀ ਭਾਈਚਾਰਕ ਸਾਂਝ ਨੂੰ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਉਨ੍ਹਾਂ ਸਰਕਾਰ ਨੂੰ ਚੇਤਾਵਨੀ ਦਿੱਤੀ ਕਿ ਇਹ ਉਨ੍ਹਾਂ ਦੀ ਜ਼ਿੰਮੇਵਾਰੀ ਹੈ ਕਿ ਸੂਬੇ ਵਿੱਚ ਸਭ ਧਰਮਾਂ ਦੇ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਈ ਜਾਵੇ। ਉਨ੍ਹਾਂ ਇਹ ਵੀ ਕਿਹਾ ਕਿ ਭਾਰਤ ਇੱਕ ਬਹੁਧਰਮੀ ਅਤੇ ਬਹੁਭਾਸ਼ੀ ਦੇਸ਼ ਹੈ, ਜਿਥੇ ਹਰ ਕਿਸੇ ਨੂੰ ਆਪਣੀ ਧਾਰਮਿਕ ਆਜ਼ਾਦੀ ਹੈ। ਸੰਤ ਜਰਨੈਲ ਸਿੰਘ ਖਾਲਸਾ ਭਿੰਡਰਾਂਵਾਲੇ ਸਿੱਖ ਕੌਮ ਦੇ ਕੌਮੀ ਸ਼ਹੀਦ ਹਨ, ਜਿਨ੍ਹਾਂ ਨੂੰ ਸ਼੍ਰੀ ਅਕਾਲ ਤਖ਼ਤ ਸਾਹਿਬ ਤੋਂ ਸ਼ਹੀਦ ਐਲਾਨਿਆ ਗਿਆ ਹੈ। ਉਨ੍ਹਾਂ ਦੁਖ਼ ਪ੍ਰਗਟ ਕੀਤਾ ਕਿ ਹਿਮਾਚਲ ਵਿੱਚ ਗੁਰਧਾਮਾਂ ਦੇ ਦਰਸ਼ਨਾਂ ਲਈ ਜਾਂਦੇ ਸ਼ਰਧਾਲੂਆਂ ਦੀਆਂ ਗੱਡੀਆਂ ਤੋਂ ਜ਼ਬਰੀ ਨਿਸ਼ਾਨ ਸਾਹਿਬ ਅਤੇ ਸਿੱਖ ਸ਼ਹੀਦਾਂ ਦੀਆਂ ਤਸਵੀਰਾਂ ਹਟਾਈਆਂ ਜਾ ਰਹੀਆਂ ਹਨ। ਉਨ੍ਹਾਂ ਪੁਲਿਸ 'ਤੇ ਗੰਭੀਰ ਆਰੋਪ ਲਗਾਏ ਕਿ ਉਹ ਸਿੱਖਾਂ ਵਿਰੁੱਧ ਬਣ ਰਹੇ ਨਫ਼ਰਤੀ ਮਾਹੌਲ ਨੂੰ ਹਵਾ ਦੇ ਰਹੀ ਹੈ।
ਸਿੰਘ ਸਾਹਿਬ ਨੇ ਇਹ ਵੀ ਕਿਹਾ ਕਿ ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆਂ ਦੀ ਤਸਵੀਰ 'ਤੇ ਇਤਰਾਜ਼ ਜਾਇਜ਼ ਨਹੀਂ। ਜੇਕਰ ਕਿਸੇ ਨੂੰ ਕੋਈ ਸ਼ੱਕ ਹੋਵੇ, ਤਾਂ ਉਹ ਸ਼੍ਰੀ ਹਰਿਮੰਦਰ ਸਾਹਿਬ ਆ ਕੇ ਇੱਥੇ ਬਣੀ ਸਿੱਖ ਸ਼ਹੀਦਾਂ ਦੀ ਯਾਦਗਾਰ ਦੇਖ ਸਕਦੇ ਹਨ। ਉਨ੍ਹਾਂ ਨੇ ਸਿੱਖ ਨੌਜਵਾਨਾਂ ਨੂੰ ਵੀ ਅਪੀਲ ਕੀਤੀ ਕਿ ਜਦੋਂ ਵੀ ਹਿਮਾਚਲ ਪ੍ਰਦੇਸ਼ ਜਾਣ, ਉਹ ਆਪਣੇ ਵਾਹਨਾਂ ਦੇ ਕਾਗਜ਼ ਪੂਰੇ ਰੱਖਣ ਅਤੇ ਇਕੱਲੇ ਸਫ਼ਰ ਕਰਨ ਤੋਂ ਗੁਰੇਜ਼ ਕਰਨ।
ਅੰਤ ਵਿੱਚ, ਉਨ੍ਹਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਨੂੰ ਵੀ ਇਹ ਮਾਮਲਾ ਹਿਮਾਚਲ ਪ੍ਰਦੇਸ਼ ਸਰਕਾਰ ਕੋਲ ਉਠਾਉਣ ਦੀ ਹਿਦਾਇਤ ਕੀਤੀ। ਉਨ੍ਹਾਂ ਕਿਹਾ ਕਿ ਸਿੱਖ ਕੌਮ ਨੇ ਹਮੇਸ਼ਾ ਹੀ ਦੇਸ਼ ਦੀ ਤਰੱਕੀ ਵਿੱਚ ਯੋਗਦਾਨ ਪਾਇਆ ਹੈ ਅਤੇ ਕਿਸੇ ਵੀ ਮੁਸੀਬਤ ਸਮੇਂ ਬਿਨ੍ਹਾਂ ਕਿਸੇ ਭੇਦ-ਭਾਵ ਦੇ ਹਰ ਧਰਮ ਦੇ ਲੋਕਾਂ ਦੀ ਸੇਵਾ ਕੀਤੀ ਹੈ।
ਇਸ ਘਿਨਾਉਣੇ ਅੱਤਵਾਦੀ ਹਮਲੇ 'ਚ ਸ਼ਾਮਲ ਲੋਕਾਂ ਨੂੰ ਬਖਸ਼ਿਆ ਨਹੀਂ ਜਾਵੇਗਾ : PM ਮੋਦੀ
ਖਾਲੀ ਪੇਟ ਲਸਣ ਖਾਣ ਦੇ ਫਾਇਦੇ, ਜਾਣੋ ਇੱਕ ਦਿਨ 'ਚ ਕਿੰਨਾ ਖਾਣਾ ਚਾਹੀਦਾ ਹੈ?
'ਕਲਾਕਾਰ ਦੀ ਕੋਈ ਗਲਤੀ ਨ੍ਹੀਂ...', ਰੁਪਿੰਦਰ ਹਾਂਡਾ ਦੀ ਟੀਮ ਨੇ ਦੱਸੀ ਕੈਨੇਡਾ ਦੇ 'ਪੰਗੇ' ਦੀ ਸਾਰੀ ਕਹਾਣੀ