ਕੇਜਰੀਵਾਲ ਦੀ ਜ਼ਮਾਨਤ 'ਤੇ ਪਤਨੀ ਸੁਨੀਤਾ ਦੀ ਪਹਿਲੀ ਪ੍ਰਤੀਕਿਰਿਆ ਆਈ ਸਾਹਮਣੇ, ਆਖ਼ੀ ਇਹ ਗੱਲ
ਨਵੀਂ ਦਿੱਲੀ (ਭਾਸ਼ਾ)- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਨੇ ਸ਼ੁੱਕਰਵਾਰ ਨੂੰ ਆਪਣੇ ਪਤੀ ਨੂੰ ਜ਼ਮਾਨਤ ਦਿੱਤੇ ਜਾਣ ਦੇ ਸੁਪਰੀਮ ਕੋਰਟ ਦੇ ਫ਼ੈਸਲੇ 'ਤੇ ਆਮ ਆਦਮੀ ਪਾਰਟੀ (ਆਪ) ਨੂੰ ਵਧਾਈ ਦਿੱਤੀ ਅਤੇ ਤਿਹਾੜ ਜੇਲ੍ਹ 'ਚ ਬੰਦ ਹੋਰ ਆਗੂਆਂ ਦੀ ਰਿਹਾਈ ਦੀ ਕਾਮਨਾ ਕੀਤੀ। ਆਬਕਾਰੀ ਨੀਤੀ ਘਪਲੇ ਨਾਲ ਜੁੜੇ ਭ੍ਰਿਸ਼ਟਾਚਾਰ ਦੇ ਮਾਮਲੇ 'ਚ ਸ਼ੁੱਕਰਵਾਰ ਨੂੰ ਸੁਪਰੀਮ ਕੋਰਟ ਨੇ ਕੇਜਰੀਵਾਲ ਨੂੰ ਜ਼ਮਾਨਤ ਦੇ ਦਿੱਤੀ। ਸਾਬਕਾ ਦਿੱਲੀ ਮੰਤਰੀ ਸਤੇਂਦਰ ਜੈਨ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਦੇ ਇਕ ਵੱਖ ਮਨੀ ਲਾਂਡਰਿੰਗ ਮਾਮਲੇ 'ਚ ਜੇਲ੍ਹ 'ਚ ਹਨ। ਸੁਨੀਤਾ ਨੇ 'ਐਕਸ' 'ਤੇ ਪੋਸਟ ਕਰ ਕੇ ਕਿਹਾ,''ਆਪ ਪਰਿਵਾਰ ਨੂੰ ਵਧਾਈ! ਮਜ਼ਬੂਤ ਬਣੇ ਰਹਿਣ ਲਈ ਵਧਾਈ। ਸਾਡੇ ਹੋਰ ਆਗੂਆਂ ਦੀ ਵੀ ਜਲਦ ਰਿਹਾਈ ਦੀ ਕਾਮਨਾ ਕਰਦੀ ਹਾਂ।'' ਜੱਜ ਸੂਰੀਆਕਾਂਤ ਅਤੇ ਜੱਜ ਉੱਜਵਲ ਭੂਈਆਂ ਦੀ ਬੈਂਚ ਨੇ ਕੇਜਰੀਵਾਲ ਨੂੰ 10 ਲੱਖ ਰੁਪਏ ਦੇ ਜ਼ਮਾਨਤ ਬਾਂਡ ਅਤੇ 2 ਜ਼ਮਾਨਤ ਰਾਸ਼ੀਆਂ 'ਤੇ ਰਾਹਤ ਦਿੱਤੀ। ਸੁਪਰੀਮ ਕੋਰਟ ਨੇ ਕੇਜਰੀਵਾਲ ਨੂੰ ਮਾਮਲੇ ਦੇ ਗੁਣ ਦੋਸ਼ 'ਤੇ ਕੋਈ ਜਨਤਕ ਟਿੱਪਣੀ ਨਹੀਂ ਕਰਨ ਦਾ ਨਿਰਦੇਸ਼ ਦਿੱਤਾ।