ਅਕਾਲੀ ਦਲ ਦਾ ਭਰਤੀ ਮਾਮਲਾ: ਕਮੇਟੀ ਨੇ ਅਕਾਲ ਤਖ਼ਤ ਨੂੰ ਰਿਪੋਰਟ ਸੌਂਪੀ
.jpg)
ਅੰਮ੍ਰਿਤਸਰ, 19 ਫਰਵਰੀ
ਸ਼੍ਰੋਮਣੀ ਅਕਾਲੀ ਦਲ ਦੀ ਭਰਤੀ ਸਬੰਧੀ ਸ੍ਰੀ ਅਕਾਲ ਤਖ਼ਤ ਵੱਲੋਂ ਬਣਾਈ ਗਈ ਸੱਤ ਮੈਂਬਰੀ ਕਮੇਟੀ ਦੇ ਬਾਕੀ ਰਹਿ ਗਏ ਪੰਜ ਮੈਂਬਰਾਂ ਨੇ ਅੱਜ ਇਸ ਕਮੇਟੀ ਦੀ ਰਿਪੋਰਟ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੇ ਨਾਂ ’ਤੇ ਇਥੇ ਅਕਾਲ ਤਖ਼ਤ ਦੇ ਸਕੱਤਰੇਤ ਨੂੰ ਸੌਂਪ ਦਿੱਤੀ ਹੈ। ਇਹ ਰਿਪੋਰਟ ਕਮੇਟੀ ਦੀ ਮੈਂਬਰ ਬੀਬੀ ਸਤਵੰਤ ਕੌਰ ਵੱਲੋਂ ਸਕੱਤਰੇਤ ਵਿੱਚ ਅਧਿਕਾਰੀ ਨੂੰ ਸੌਂਪੀ ਗਈ।
ਬੀਬੀ ਸਤਵੰਤ ਕੌਰ ਨੇ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ ਦੀ ਭਰਤੀ ਸਬੰਧੀ ਬਣਾਈ ਗਈ ਸੱਤ ਮੈਂਬਰੀ ਕਮੇਟੀ ਦੀ ਹੁਣ ਤੱਕ ਦੀ ਕਾਰਗੁਜ਼ਾਰੀ ਅਤੇ ਮੌਜੂਦਾ ਸਥਿਤੀ ਸਬੰਧੀ ਵਿਸਥਾਰਤ ਰਿਪੋਰਟ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਸੌਂਪ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਜਥੇਦਾਰ ਗਿਆਨੀ ਰਘਬੀਰ ਸਿੰਘ ਇੱਥੇ ਨਹੀਂ ਸਨ ਪਰ ਉਨ੍ਹਾਂ ਦਫ਼ਤਰ ਵਿੱਚ ਅਧਿਕਾਰੀ ਨੂੰ ਰਿਪੋਰਟ ਸੌਂਪ ਦਿੱਤੀ ਹੈ। ਉਨ੍ਹਾਂ ਕਿਹਾ ਕਿ ਰਿਪੋਰਟ ਦੇ ਵੇਰਵੇ ਜਨਤਕ ਨਹੀਂ ਕੀਤੇ ਜਾ ਸਕਦੇ।
ਅਕਾਲ ਤਖ਼ਤ ਵੱਲੋਂ ਇਹ ਸੱਤ ਮੈਂਬਰੀ ਕਮੇਟੀ ਦਾ ਮੁਖੀ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਥਾਪਿਆ ਗਿਆ ਸੀ, ਜਿਨ੍ਹਾਂ ਨੇ ਬੀਤੇ ਦਿਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸੱਤ ਮੈਂਬਰੀ ਕਮੇਟੀ ਦੇ ਮੁਖੀ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ। ਉਨ੍ਹਾਂ ਤੋਂ ਬਾਅਦ ਇਸ ਕਮੇਟੀ ਦੇ ਇੱਕ ਹੋਰ ਮੈਂਬਰ ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋਫੈਸਰ ਕਿਰਪਾਲ ਸਿੰਘ ਬਡੂੰਗਰ ਨੇ ਵੀ ਕਮੇਟੀ ਤੋਂ ਅਸਤੀਫਾ ਦੇ ਦਿੱਤਾ ਹੈ।
ਕਮੇਟੀ ਵਿੱਚ ਹੁਣ ਗੁਰਪ੍ਰਤਾਪ ਸਿੰਘ ਵਡਾਲਾ, ਮਨਪ੍ਰੀਤ ਸਿੰਘ ਇਆਲੀ, ਇਕਬਾਲ ਸਿੰਘ ਝੂੰਦਾਂ, ਸੰਤਾ ਸਿੰਘ ਉਮੈਦਪੁਰੀ ਤੇ ਬੀਬੀ ਸਤਵੰਤ ਕੌਰ ਰਹਿ ਗਏ ਹਨ, ਜੋ ਬੀਤੇ ਦਿਨ ਪਟਿਆਲਾ ਵਿੱਚ ਨਿਰਧਾਰਿਤ ਮੀਟਿੰਗ ਵਿੱਚ ਪੁੱਜੇ ਸਨ। ਮੀਟਿੰਗ ਵਿੱਚ ਕਮੇਟੀ ਦੇ ਮੁਖੀ ਐਡਵੋਕੇਟ ਧਾਮੀ ਦੇ ਨਾ ਪੁੱਜਣ ’ਤੇ ਜਦੋਂ ਉਨ੍ਹਾਂ ਨਾਲ ਸੰਪਰਕ ਕੀਤਾ ਗਿਆ ਤਾਂ ਉਨ੍ਹਾਂ ਆਪਣੇ ਅਸਤੀਫੇ ਦੀ ਗੱਲ ਆਖੀ। ਇਸੇ ਦੌਰਾਨ ਕਮੇਟੀ ਨੂੰ ਪ੍ਰੋਫੈਸਰ ਬਡੂੰਗਰ ਵੱਲੋਂ ਦਿੱਤੇ ਅਸਤੀਫੇ ਬਾਰੇ ਵੀ ਜਾਣਕਾਰੀ ਮਿਲੀ, ਜਿਸ ਤੋਂ ਬਾਅਦ ਕਮੇਟੀ ਦੇ ਮੈਂਬਰਾਂ ਨੇ ਹੁਣ ਤੱਕ ਦੀ ਕਾਰਗੁਜ਼ਾਰੀ ਦੀ ਰਿਪੋਰਟ ਅਕਾਲ ਤਖ਼ਤ ਵਿਖੇ ਸੌਂਪਣ ਦਾ ਫ਼ੈਸਲਾ ਕੀਤਾ।
ਜਾਣਕਾਰੀ ਮੁਤਾਬਕ ਕਮੇਟੀ ਵੱਲੋਂ ਅਕਾਲ ਤਖ਼ਤ ਦੇ ਜਥੇਦਾਰ ਨੂੰ ਜਾਣੂ ਕਰਵਾਇਆ ਗਿਆ ਕਿ ਅਕਾਲ ਤਖ਼ਤ ਵੱਲੋਂ ਦਿੱਤੇ ਗਏ ਹੁਕਮਾਂ ਮੁਤਾਬਕ ਸੱਤ ਮੈਂਬਰੀ ਕਮੇਟੀ ਕਾਰਜਸ਼ੀਲ ਹੋਈ ਸੀ ਪਰ ਉਸ ਨੂੰ ਦੂਜੇ ਪਾਸਿਓਂ ਕੋਈ ਸਹਿਯੋਗ ਅਤੇ ਸਮਰਥਨ ਨਹੀਂ ਮਿਲਿਆ। ਕਮੇਟੀ ਮੈਂਬਰਾਂ ਵੱਲੋਂ ਹੁਣ ਇਸ ਮਾਮਲੇ ਵਿੱਚ ਅਕਾਲ ਤਖ਼ਤ ਦੇ ਜਥੇਦਾਰ ਦੇ ਅਗਲੇ ਆਦੇਸ਼ਾਂ ਦੀ ਉਡੀਕ ਕੀਤੀ ਜਾਵੇਗੀ। ਬੀਤੇ ਦਿਨ ਕਮੇਟੀ ਮੈਂਬਰ ਗੁਰਪ੍ਰਤਾਪ ਸਿੰਘ ਵਡਾਲਾ ਨੇ ਮੀਡੀਆ ਨੂੰ ਸਪੱਸ਼ਟ ਕੀਤਾ ਸੀ ਕਿ ਸ਼੍ਰੋਮਣੀ ਅਕਾਲੀ ਦਲ ਦੀ ਭਰਤੀ ਸਬੰਧੀ ਬਣਾਈ ਗਈ ਕਮੇਟੀ ਅਤੇ ਅਕਾਲੀ ਦਲ ਦੇ ਆਗੂਆਂ ਦੇ ਭਰਤੀ ਸਬੰਧੀ ਵਿਚਾਰਾਂ ਵਿੱਚ ਅੰਤਰ ਹੈ। ਸ਼੍ਰੋਮਣੀ ਅਕਾਲੀ ਦਲ ਆਪਣੇ ਢੰਗ-ਤਰੀਕੇ ਮੁਤਾਬਕ ਭਰਤੀ ਮੁਹਿੰਮ ਜਾਰੀ ਰੱਖਣਾ ਚਾਹੁੰਦਾ ਹੈ।
ਹੁਸ਼ਿਆਰਪੁਰ (ਪੱਤਰ ਪ੍ਰੇਰਕ):
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂਆਂ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਪ੍ਰਧਾਨਗੀ ਦੇ ਅਹੁਦੇ ਤੋਂ ਦਿੱਤਾ ਅਸਤੀਫ਼ਾ ਵਾਪਸ ਲੈਣ ਦੀ ਅਪੀਲ ਕੀਤੀ ਹੈ। ਅੱਜ ਪਾਰਟੀ ਆਗੂ ਦਲਜੀਤ ਸਿੰਘ ਚੀਮਾ, ਹੀਰਾ ਸਿੰਘ ਗਾਬੜੀਆ, ਜਨਮੇਜਾ ਸਿੰਘ ਸੇਖੋਂ, ਗੁਰਬਚਨ ਸਿੰਘ ਬੱਬੇਹਾਲੀ, ਜਰਨੈਲ ਸਿੰਘ ਵਾਹਿਦ, ਵਰਿੰਦਰ ਸਿੰਘ ਬਾਜਵਾ, ਜਤਿੰਦਰ ਸਿੰਘ ਲਾਲੀ ਬਾਜਵਾ ਆਦਿ ਪਿੱਪਲਾਂਵਾਲਾ ਸਥਿਤ ਧਾਮੀ ਦੇ ਗ੍ਰਹਿ ਪੁੱਜੇ। ਆਗੂਆਂ ਨੇ ਕਿਹਾ ਕਿ ਉਨ੍ਹਾਂ ਦੇ ਪ੍ਰਧਾਨਗੀ ਤੋਂ ਅਚਾਨਕ ਅਸਤੀਫ਼ਾ ਦੇਣ ਨਾਲ ਨਾ ਸਿਰਫ਼ ਸ਼੍ਰੋਮਣੀ ਕਮੇਟੀ ਬਲਕਿ ਸ਼੍ਰੋਮਣੀ ਅਕਾਲੀ ਦਲ ਨੂੰ ਵੀ ਧੱਕਾ ਲੱਗਿਆ ਹੈ। ਉਨ੍ਹਾਂ ਕਿਹਾ ਕਿ ਪੰਥ ਅਤੇ ਪਾਰਟੀ ਦੀ ਚੜ੍ਹਦੀ ਕਲਾ ਲਈ ਉਹ ਇਨ੍ਹਾਂ ਸੰਸਥਾਵਾਂ ਨੂੰ ਅਗਵਾਈ ਦਿੰਦੇ ਰਹਿਣ। ਮੀਟਿੰਗ ਲਗਭਗ ਦੋ ਘੰਟੇ ਚੱਲੀ ਪਰ ਅਕਾਲੀ ਆਗੂ ਧਾਮੀ ਨੂੰ ਮਨਾਉਣ ’ਚ ਕਾਮਯਾਬ ਨਹੀਂ ਹੋਏ। ਡਾ. ਚੀਮਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪਾਰਟੀ ਦਾ ਵਫ਼ਦ ਐਡਵੋਕੇਟ ਧਾਮੀ ਨਾਲ ਇਸ ਕਰਕੇ ਮੁਲਾਕਾਤ ਕਰਨ ਆਇਆ ਸੀ ਤਾਂ ਜੋ ਅਸਤੀਫ਼ੇ ਦੇ ਕਾਰਨਾਂ ਨੂੰ ਸਮਝਣ ਦੀ ਕੋਸ਼ਿਸ਼ ਕੀਤੀ ਜਾ ਸਕੇ। ਉਨ੍ਹਾਂ ਕਿਹਾ ਕਿ ਧਾਮੀ ਨੇ ਮਾਨਸਿਕ ਪੀੜਾ ਕਾਰਨ ਅਸਤੀਫ਼ਾ ਦਿੱਤਾ ਹੈ ਪਰ ਉਨ੍ਹਾਂ ਭਰੋਸਾ ਦਿਵਾਇਆ ਹੈ ਕਿ ਪਾਰਟੀ ਉਨ੍ਹਾਂ ਦੇ ਨਾਲ ਹੈ।
ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਮੀਟਿੰਗ ਮਗਰੋਂ ਕਿਹਾ ਕਿ ਉਨ੍ਹਾਂ ਨੇ ਵਾਪਿਸ ਲੈਣ ਲਈ ਅਸਤੀਫ਼ਾ ਨਹੀਂ ਦਿੱਤਾ ਸੀ। ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖਤ ਦੇ ਜਥੇਦਾਰ ਸਾਹਿਬ ਵੱਲੋਂ ਦਿੱਤੇ ਬਿਆਨ ਤੋਂ ਬਾਅਦ ਉਨ੍ਹਾਂ ਨੇ ਨੈਤਿਕਤਾ ਦੇ ਅਧਾਰ ’ਤੇ ਅਸਤੀਫ਼ਾ ਦਿੱਤਾ ਸੀ। ਐਡਵੋਕੇਟ ਧਾਮੀ ਸ਼੍ਰੋਮਣੀ ਕਮੇਟੀ ਦੇ ਰੁਝੇਵਿਆਂ ਤੋਂ ਵਿਹਲੇ ਹੋ ਕੇ ਵਕਾਲਤ ਦੀ ਪ੍ਰੈਕਟਿਸ ਵਿਚ ਰੁਝ ਗਏ ਹਨ। ਜ਼ਿਲ੍ਹਾ ਕਚਹਿਰੀਆਂ ਵਿਚ ਉਹ ਪਹਿਲਾਂ ਦੀ ਤਰ੍ਹਾਂ ਸਰਗਰਮ ਹੋ ਗਏ ਹਨ।
ਦੁੱਧ ਪੀਂਦੇ ਸਮੇਂ ਕਰਦੇ ਹੋ ਗਲਤੀਆਂ ਤਾਂ ਹੋ ਜਾਓ ਸਾਵਧਾਨ! ਜਾਣੋ ਦੁੱਧ ਪੀਣ ਦਾ ਕੀ ਹੈ ਸਹੀ ਤਰੀਕਾ
'ਮੇਰੇ ਨਾਲ ਵੀ ਇਹੀ ਹੋਇਆ ਸੀ..' ਸੁਨੰਦਾ ਸ਼ਰਮਾ ਦੇ ਸਮਰਥਨ 'ਚ ਆਈ ਹਿਮਾਂਸ਼ੀ ਖੁਰਾਨਾ ਨੇ ਵੀ ਤੋੜੀ ਚੁੱਪੀ
ਤੰਬਾਕੂ ਵਾਲ਼ੇ ਖੋਖਿਆ ਤੇ ਬਿਕ ਰਹੇ ਭੰਗ ਦੇ ਗੋਲਿਆਂ ਨੂੰ ਬੈਨ ਕਰਨ ਸੰਬੰਧੀ ਐਸ ਐਸ ਪੀ ਪਟਿਆਲਾ ਨੂੰ ਦਿੱਤਾ ਮੰਗ ਪੱਤਰ- ਗੁਰਮੁੱਖ ਗੁਰੂ