ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਸੈਨਿਕ ਸਕੂਲ ਦੀ ਸਾਂਭ-ਸੰਭਾਲ ਲਈ ਅਧਿਕਾਰੀਆਂ ਨੂੰ ਕਾਰਵਾਈ ਤੇਜ਼ ਕਰਨ ਦੇ ਹੁਕਮ
ਰੱਖਿਆ ਸੇਵਾਵਾਂ ਭਲਾਈ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਸੈਨਿਕ ਸਕੂਲ ਕਪੂਰਥਲਾ ਦੀ ਮੁਰੰਮਤ ਤੇ ਸਾਂਭ-ਸੰਭਾਲ ਲਈ ਵਿਭਾਗੀ ਅਧਿਕਾਰੀਆਂ ਨੂੰ ਕਾਰਵਾਈ ਤੇਜ਼ ਕਰਨ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਇਸ ਵੱਕਾਰੀ ਸੈਨਿਕ ਸਕੂਲ ਦੀ ਸ਼ਾਨ ਨੂੰ ਬਹਾਲ ਰੱਖਣ ਲਈ ਵਚਨਬੱਧ ਹੈ।
ਇੱਥੇ ਵੱਖ-ਵੱਖ ਵਿਭਾਗਾਂ ਦੇ ਉੱਚ ਅਧਿਕਾਰੀਆਂ ਤੇ ਸੈਨਿਕ ਸਕੂਲ ਦੇ ਪ੍ਰਬੰਧਕਾਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਜੌੜਾਮਾਜਰਾ ਨੇ ਕਿਹਾ ਕਿ ਕਰੀਬ 192 ਏਕੜ ਵਿਚ ਫੈਲਿਆ ਸੈਨਿਕ ਸਕੂਲ ਕਪੂਰਥਲਾ ਪੰਜਾਬ ਦਾ ਕੀਮਤੀ ਸਰਮਾਇਆ ਹੈ, ਜਿੱਥੇ ਇਸ ਵੇਲੇ 580 ਵਿਦਿਆਰਥੀ ਫ਼ੌਜ ਵਿਚ ਭਰਤੀ ਹੋਣ ਸਬੰਧੀ ਸਿਖਲਾਈ ਪ੍ਰਾਪਤ ਕਰ ਰਹੇ ਹਨ। ਇਸ ਸੈਨਿਕ ਸਕੂਲ ਨੇ ਦੇਸ਼ ਦੀ ਸੁਰੱਖਿਆ ਲਈ ਬਹੁਤ ਸਾਰੇ ਉੱਚ ਅਧਿਕਾਰੀ ਦੇਸ਼ ਨੂੰ ਦਿੱਤੇ ਹਨ, ਜਿਨ੍ਹਾਂ ਵੱਲੋਂ ਦੇਸ਼ ਦੀ ਏਕਤਾ, ਅਖੰਡਤਾ ਅਤੇ ਸੁਰੱਖਿਆ ਲਈ ਕੁਰਬਾਨੀਆਂ ਦਿੱਤੀਆਂ ਗਈਆਂ ਹਨ।