ਜੰਮੂ-ਕਸ਼ਮੀਰ ’ਚ ਅਪਰੈਲ ਤੱਕ ਨਵੇਂ ਕਾਨੂੰਨਾਂ ਨੂੰ ਪੂਰੀ ਤਰ੍ਹਾਂ ਲਾਗੂ ਕੀਤਾ ਜਾਵੇ: ਸ਼ਾਹ
ਨਵੀਂ ਦਿੱਲੀ : ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੱਜ ਜੰਮੂ-ਕਸ਼ਮੀਰ ਪ੍ਰਸ਼ਾਸਨ ਨੂੰ ਇਸ ਅਪਰੈਲ ਤੱਕ ਕੇਂਦਰੀ ਸ਼ਾਸਿਤ ਪ੍ਰਦੇਸ਼ ਵਿੱਚ ਤਿੰਨ ਨਵੇਂ ਫੌਜਦਾਰੀ ਕਾਨੂੰਨਾਂ ਨੂੰ ਪੂਰੀ ਤਰ੍ਹਾਂ ਲਾਗੂ ਕਰਨਾ ਯਕੀਨੀ ਬਣਾਉਣ ਲਈ ਕਿਹਾ। ਜੰਮੂ-ਕਸ਼ਮੀਰ ਦੇ ਮੁੱਖ ਮੰਤਰੀ ਉਮਰ ਅਬਦੁੱਲਾ ਅਤੇ ਉਪ ਰਾਜਪਾਲ ਮਨੋਜ ਸਿਨਹਾ ਦੀ ਮੌਜੂਦਗੀ ਵਿਚ ਜੰਮੂ-ਕਸ਼ਮੀਰ ਵਿਚ ਤਿੰਨ ਨਵੇਂ ਫੌਜਦਾਰੀ ਕਾਨੂੰਨਾਂ ਨੂੰ ਲਾਗੂ ਕਰਨ ਲਈ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਕੇਂਦਰੀ ਗ੍ਰਹਿ ਮੰਤਰੀ ਨੇ ਕਿਹਾ ਕਿ ਕੇਂਦਰੀ ਸ਼ਾਸਿਤ ਪ੍ਰਦੇਸ਼ ਵਿਚ ਦਹਿਸ਼ਤੀ ਗਤੀਵਿਧੀਆਂ ’ਚ ਕਮੀ ਅਤੇ ਸੁਰੱਖਿਆ ਪ੍ਰਬੰਧਾਂ ’ਚ ਸੁਧਾਰ ਨਾਲ ਪੁਲੀਸ ਨੂੰ ਹੁਣ ਆਪਣੇ ਲੋਕਾਂ ਦੇ ਅਧਿਕਾਰਾਂ ਦੀ ਰਾਖੀ ਨੂੰ ਪਹਿਲ ਦੇਣੀ ਚਾਹੀਦੀ ਹੈ। ਗ੍ਰਹਿ ਮੰਤਰੀ ਨੇ ਪ੍ਰਸ਼ਾਸਨ ਨੂੰ ਅਪਰੈਲ 2025 ਤੱਕ ਤਿੰਨ ਨਵੇਂ ਕਾਨੂੰਨਾਂ ਨੂੰ ਪੂਰੀ ਤਰ੍ਹਾਂ ਲਾਗੂ ਕਰਨ ਨੂੰ ਯਕੀਨੀ ਬਣਾਉਣ ਲਈ ਕਿਹਾ। ਉਨ੍ਹਾਂ ਨਵੇਂ ਕਾਨੂੰਨਾਂ ਨੂੰ ਪੂਰੀ ਤਰ੍ਹਾਂ ਲਾਗੂ ਕਰਨ ਲਈ ਪੁਲੀਸ ਕਰਮਚਾਰੀਆਂ ਅਤੇ ਪ੍ਰਸ਼ਾਸਨ ਦੇ ਰਵੱਈਏ ਨੂੰ ਬਦਲਣ ਅਤੇ ਨਾਗਰਿਕਾਂ ਵਿੱਚ ਨਵੇਂ ਕਾਨੂੰਨਾਂ ਪ੍ਰਤੀ ਜਾਗਰੂਕਤਾ ਪੈਦਾ ਕਰਨ ਦੀ ਲੋੜ ’ਤੇ ਜ਼ੋਰ ਦਿੱਤਾ। ਉਨ੍ਹਾਂ ਨੇ ਚਾਰਜਸ਼ੀਟ ਦਾਇਰ ਕਰਨ ਦੀ ਪ੍ਰਕਿਰਿਆ ਨੂੰ ਤੇਜ਼ ਕਰਨ ਲਈ ਪੁਲੀਸ ਅਧਿਕਾਰੀਆਂ ਦੀ ਜ਼ਿੰਮੇਵਾਰੀ ਤੈਅ ਕਰਨ ਦੀ ਲੋੜ ’ਤੇ ਵੀ ਜ਼ੋਰ ਦਿੱਤਾ।