ਵਣ ਮੰਡਲ ਅਧੀਨ ਆਉਂਦੇ 30 ਹਜ਼ਾਰ ਟਿਊਬਵੈੱਲਾਂ 'ਤੇ 90 ਹਜ਼ਾਰ ਬੂਟੇ ਲਗਾਏ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਹਰਿਆ ਭਰਿਆ ਬਣਾਉਣ ਲਈ ਹਰ ਟਿਊਬਵੈੱਲ 'ਤੇ ਤਿੰਨ ਬੂਟੇ ਕਿਸਾਨਾਂ ਦੇ ਸਹਿਯੋਗ ਨਾਲ ਲਗਾਉਣ ਦੀ ਮੁਹਿੰਮ ਸ਼ੁਰੂ ਕੀਤੀ ਗਈ ਹੈ, ਜਿਸ ਤਹਿਤ ਪਟਿਆਲਾ ਵਣ ਮੰਡਲ ਅਧੀਨ ਆਉਂਦੇ 82 ਹਜ਼ਾਰ ਟਿਊਬਵੈੱਲਾਂ 'ਤੇ 2 ਲੱਖ 46 ਹਜ਼ਾਰ ਬੂਟੇ ਲਗਾਏ ਜਾਣਗੇ। ਇਹ ਪ੍ਰਗਟਾਵਾਂ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਜੰਗਲਾਤ ਵਿਭਾਗ ਦੇ ਅਧਿਕਾਰੀਆਂ ਨਾਲ ਜ਼ਿਲ੍ਹੇ ਵਿੱਚ ਬੂਟੇ ਲਗਾਉਣ ਦੀ ਪ੍ਰਗਤੀ ਸਬੰਧੀ ਕੀਤੀ ਮੀਟਿੰਗ ਦੌਰਾਨ ਕੀਤਾ।
ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਜੰਗਲਾਤ ਵਿਭਾਗ ਵੱਲੋਂ ਟਿਊਬਵੈੱਲਾਂ 'ਤੇ ਬੂਟੇ ਲਗਾਉਣ ਦੀ ਮੁਹਿੰਮ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਸ ਨਾਲ ਜਿਥੇ ਵਾਤਾਵਰਣ ਸ਼ੁੱਧ ਹੋਵੇਗਾ, ਉਥੇ ਹੀ ਛਾਂਦਾਰ ਤੇ ਫਲਾਂ ਵਾਲਿਆਂ ਬੂਟਿਆਂ ਦਾ ਕਿਸਾਨਾਂ ਨੂੰ ਵੀ ਲਾਭ ਹੋਵੇਗਾ। ਉਨ੍ਹਾਂ ਕਿਹਾ ਕਿ ਹੁਣ ਤੱਕ 30 ਹਜ਼ਾਰ ਟਿਊਬਵੈੱਲਾਂ 'ਤੇ ਲਗਾਏ ਗਏ 90 ਹਜ਼ਾਰ ਬੂਟਿਆਂ ਦੀ ਸਾਂਭ ਸੰਭਾਲ ਪ੍ਰਤੀ ਵੀ ਜਾਗਰੂਕਤਾ ਮੁਹਿੰਮ ਚਲਾਈ ਜਾਵੇ ਤਾਂ ਜੋ ਜ਼ਿਲ੍ਹੇ ਨੂੰ ਹਰਿਆ ਭਰਿਆ ਬਣਾਇਆ ਜਾ ਸਕੇ।