ਭਾਸ਼ਾ ਵਿਭਾਗ ਪੰਜਾਬ ਵਿਖੇ ਮਨਾਇਆ ਗਿਆ ਸੰਸਕ੍ਰਿਤ ਦਿਵਸ
ਭਾਸ਼ਾ ਵਿਭਾਗ ਪੰਜਾਬ ਦੇ ਵਿਹੜੇ ਵਿਚ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਭਾਸ਼ਾ ਵਿਭਾਗ ਪੰਜਾਬ ਵੱਲੋਂ ਭਾਸ਼ਾਵਾਂ ਦੀ ਜਨਨੀ ਸੰਸਕ੍ਰਿਤ ਨੂੰ ਸਮਰਪਿਤ ਸੰਸਕ੍ਰਿਤ ਦਿਵਸ ਮਨਾਇਆ ਗਿਆ। ਇਸ ਸਮਾਗਮ ਦੇ ਸ਼ੁਰੂ ਵਿਚ ਡਾ. ਵੀਰਪਾਲ ਕੌਰ, ਐਡੀਸ਼ਨਲ ਡਾਇਰੈਕਟਰ ਭਾਸ਼ਾ ਵਿਭਾਗ ਜੀ ਵੱਲੋਂ ਪੰਜਾਬ ਦੇ ਕੋਨੇ-ਕੋਨੇ ਤੋਂ ਆਏ ਸੰਸਕ੍ਰਿਤ ਪ੍ਰੇਮੀਆਂ ਨੂੰ ਜੀ ਆਇਆਂ ਆਖਦੇ ਹੋਏ ਵਿਭਾਗ ਵੱਲੋਂ ਸੰਸਕ੍ਰਿਤ ਦੇ ਵਿਕਾਸ ਲਈ ਚਲਾਈਆਂ ਜਾ ਰਹੀਆਂ ਸਕੀਮਾਂ ਬਾਰੇ ਵਿਸਤਾਰਪੂਰਵਕ ਚਾਨਣਾ ਪਾਇਆ।
ਉਨ੍ਹਾਂ ਅੱਗੇ ਕਿਹਾ ਕਿ ਜਿੱਥੇ ਭਾਸ਼ਾ ਵਿਭਾਗ ਪੰਜਾਬੀ ਦੀ ਪ੍ਰਫੁਲਤਾ ਲਈ ਨਿਰੰਤਰ ਯਤਨ ਕਰ ਰਿਹਾ ਹੈ ਉਥੇ ਸੰਸਕ੍ਰਿਤ ਦੇ ਵਿਕਾਸ ਲਈ ਆਪਣਾ ਪੂਰਾ ਜ਼ੋਰ ਲਗਾ ਰਿਹਾ ਹੈ। ਇਸ ਸਮਾਗਮ ਵਿਚ ਮੁੱਖ ਮਹਿਮਾਨ ਵਜੋਂ ਪਹੁੰਚੇ ਸਰਦਾਰ ਰਣਜੋਧ ਸਿੰਘ ਹਡਾਣਾ ਚੇਅਰਮੈਨ ਪੀ.ਆਰ.ਟੀ.ਸੀ. ਵੱਲੋਂ ਆਪਣੇ ਭਾਸ਼ਣ ਵਿਚ ਜਿੱਥੇ ਭਾਸ਼ਾ ਵਿਭਾਗ ਵੱਲੋਂ ਭਾਸ਼ਾਵਾਂ ਦੇ ਵਿਕਾਸ ਲਈ ਕੀਤੇ ਜਾ ਰਹੇ ਯਤਨਾਂ ਦੀ ਸ਼ਲਾਘਾ ਕੀਤੀ ਉਥੇ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਭਾਸ਼ਾ ਅਤੇ ਕਲਾ ਨੂੰ ਪ੍ਰਫੁਲਤ ਕਰਨ ਲਈ ਵਚਨਬੱਧ ਹੈ। ਇਸ ਕਾਰਜ ਲਈ ਭਾਸ਼ਾ ਵਿਭਾਗ ਵੱਲੋਂ ਕੀਤੇ ਜਾ ਰਹੇ ਕਾਰਜਾਂ ਵਿਚ ਕਿਸੇ ਵੀ ਤਰ੍ਹਾਂ ਦੀ ਵਿੱਤੀ ਤੋਟ ਨਹੀਂ ਆਉਣ ਦਿੱਤੀ ਜਾਵੇਗੀ।